Tuesday 18 July 2017

ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

By Tricitynews Reporter
Chandigarh 18th July:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਅਜ਼ਾਦੀ ਦਿਵਸ ਸਮਾਰੋਹ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਸਮਾਰੋਹ ਮੌਕੇ ਕਾਲਜਾਂ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਅਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਕੂਲਾਂ ਅਤੇ  ਕਾਲਜਾਂ ਦੇ ਮੁਖੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ਉਨ੍ਹਾਂ ਦੱਸਿਆ ਕਿ ਅਜਾਦੀ ਦਿਵਸ ਸਮਾਰੋਹ ਮੌਕੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ 
ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਅਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਰੋਹ ਸਾਡਾ ਕੌਮੀ ਤਿਊਹਾਰ ਹੈ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸਮਾਗਮ ਵਿਚ ਵੱਧ ਤੋਂ ਵੱਧ ਸਿਰਕਤ ਕਰੀਏ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੂੰ ਅਜ਼ਾਦੀ ਦਿਵਸ ਸਮਾਰੋਹ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਨੂੰ ਤਿਆਰ ਕਰਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਭੰਗੜੇ ਦੀ ਆਈਟਮ ਸਮੇਤ ਹੋਰ ਆਈਟਮਾਂ ਦੀ ਤਿਆਰੀ ਕਰਾਉਣ ਲਈ ਵੀ ਆਖਿਆ। 
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਜਿਹੜੇ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਅਜ਼ਾਦੀ ਦਿਵਸ ਦੇ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ
ਇਸ ਮੌਕੇ, ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਅਵਨੀਤ ਕੌਰ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਡਾ: ਪਾਲਿਕ ਅਰੋੜਾ,ਸਿਵਲ ਸਰਜਨ ਡਾ: ਰੀਟਾ ਭਾਰਦਵਾਜ, ਐਸ.ਡੀ.ਐਮ. ਆਰ ਪੀ ਸਿੰਘ, ਐਕਸੀਅਨ ਜਨ ਸਿਹਤ ਸੁਖਮਿੰਦਰ ਸਿੰਘ ਪੰਧੇਰ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਪ੍ਰੀਤ ਕੌਰ, ਸੀਨੀਅਰ ਮੈਡੀਕਲ ਅਫਸਰ ਸੁਰਿੰਦਰ ਸਿੰਘ, ਦਲੇਰ ਸਿੰਘ ਮੁਲਤਾਨੀ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ

No comments: