By Tricitynews Reporter
Chandigarh
24th August:- ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਕੀਮਤ ਤੇ ਭੰਗ ਨਹੀ ਹੋਣ ਦਿੱਤਾ ਜਾਵੇਗਾ ਅਤੇ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਜਿਸ ਲਈ ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਮੁੱਖ ਮੰਤਰੀ ਪੰਜਾਬ ਅੱਜ ਇੱਥੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਅੰਮ੍ਰਿਤਸਰ ਇਮਪੂਰਵਮੈਂਟ ਟਰੱਸਟ ਦੇ ਚਲ ਰਹੇ ਕੇਸ ਦੇ ਸਬੰਧ ਵਿਚ ਅਦਾਲਤ ਵਿਚ ਪੁੱਜੇ ਹੋਏ ਸਨ।
ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਪੱਤਰਕਾਰਾਂ ਵੱਲੋਂ ਪੰਚਕੂਲਾ ਦੀ ਵਿਸੇਸ਼ ਅਦਾਲਤ ਸੀ.ਬੀ.ਆਈ.ਕੋਰਟ ਵੱਲੋਂ ਡੇਰਾ ਮੁਖੀ ਸਿਰਸਾ ਦੇ ਕੇਸ ਸਬੰਧੀ ਦਿੱਤੇ ਜਾਣ ਵਾਲੇ ਫੈਸਲੇ ਨੂੰ ਮੁੱਖ ਰੱਖਦਿਆਂ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਦੇ ਭੰਗ ਹੋਣ ਦੇ ਖਦਸੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅਮਨ ਪਸੰਦ ਸੂਬਾ ਹੈ ਅਤੇ ਸੂਬੇ ਵਿਚ ਕਿਸੇ ਵੀ ਕਿਸਮ ਦੀ ਗੜਬੜ੍ਹ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਨਾਂ ਹੀ ਕਿਸੇ ਨੂੰ ਆਪਣੇ ਹੱਥਾਂ ਵਿਚ ਕਾਨੂੰਨ ਲੈਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੁੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਿਜ਼ ਪੂਰੀ ਤਰ੍ਹਾਂ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਅਦਾਲਤ ਵੱਲੋਂ ਅੰਮ੍ਰਿਤਸਰ ਇਮਪੂਰਵਮੈਂਟ ਟਰੱਸਟ ਦੇ ਕੇਸ ਸਬੰਧੀ ਅਗਲੀ ਸੁਣਵਾਈ 06 ਨਵੰਬਰ ਤੈਅ ਕੀਤੀ ਗਈ ਹੈ।ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।
No comments:
Post a Comment