Thursday, 3 August 2017

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਉ ਸ਼ਕਤੀ ਤੇ ਪੈਣ ਵਾਲੇ ਅਸਰ ਬਾਰੇ ਵੀ ਕੀਤਾ ਜਾਵੇ ਜਾਗਰੂਕ: ਚਰਨਦੇਵ ਸਿੰਘ ਮਾਨ

By Tricitynews Reporter
Chandigarh 03rd August:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾਵੇ ਅਤੇ ਖੇਤੀਬਾੜੀ, ਬਾਗਬਾਨੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ  ਦੀਆਂ ਟੀਮਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਅਗਾਊ ਜਾਗਰੂਕ ਕੀਤਾ ਜਾ ਸਕੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ 
ਚਰਨਦੇਵ ਸਿੰਘ ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ ਪਿੰਡ ਪੱਧਰ ਤੇ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਤੇ ਪੈਣ ਵਾਲੇ ਮਾੜੇ ਅਸਰ ਅਤੇ ਮਿੱਤਰ ਕੀੜਿਆਂ ਦੇ ਖਤਮ ਹੋਣ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਇਸ ਗੱਲ ਦੀ ਜਾਣਕਾਰੀ ਵੀ ਦਿੱਤੀ ਜਾਵੇ ਕਿ ਜੇਕਰ ਝੋਨੇ ਦੀ ਪਰਾਲੀ ਨੂੰ ਸੁਚੱਜੇ ਢੰਗ ਨਾਲ ਖੇਤਾਂ ਵਿੱਚ ਵਾਹਿਆ ਜਾਵੇ ਤਾਂ ਧਰਤੀ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਅਗਲੀ ਬੀਜੀ ਜਾਣ ਵਾਲੀ ਫਸਲ ਦੀ ਪੈਦਾਵਾਰ ਵੀ ਵੱਧਦੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਪਰਾਲੀ ਤੋ ਵੀ ਪੈਸੇ ਕਮਾ ਸਕਣ। ਉਨ੍ਹਾਂ ਹੋਰ ਦੱਸਿਆ ਕਿ ਕਿਸਾਨਾਂ ਨੂੰ ਦੱਸਿਆ ਜਾਵੇ ਕਿ ਨੈਸ਼ਨਲ ਗਰੀਨ ਟ੍ਰਬਿਊਨਲ ਵੱਲੋ ਵੀ ਪਰਾਲੀ ਨੂੰ ਅੱਗ ਲਗਾਉਣ ਤੇ ਰੋਕਣ ਲਈ ਸ਼ਖਤ ਕਦਮ ਚੁੱਕੇ ਗਏ ਹਨ। ਜਿਸ ਤਹਿਤ ਪਰਾਲੀ ਨੂੰ  ਅੱਗ ਲਗਾਉਣ ਵਾਲੇ ਕਿਸਾਨਾਂ ਤੇ ਸੈਟੇਲਾਈਟ ਰਾਹੀ ਆਨਲਾਈਨ ਨਜਰ ਰੱਖੀ ਜਾਂਦੀ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਣੇ ਕਰਨ ਦੀ ਵਿਵਸਥਾ ਵੀ ਕੀਤੀ ਗਈ ਹੈ। ਚਰਨਦੇਵ ਸਿੰਘ ਮਾਨ ਨੇ ਹੋਰ ਕਿਹਾ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਤਿਆਰ ਕੀਤੀ ਅਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹੁਣ ਬਾਰੇ ਜਾਗਰੂਕ ਕੀਤਾ ਜਾਵੇ। 
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰ ਤੇ ਕਲੱਸਟਰ ਬਣਾ ਕੇ ਕੈਂਪ ਲਗਾਏ ਜਾਣਗੇ ਅਤੇ ਇਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਸਹਿਤ ਵੀ ਵੰਡਿਆ ਜਾਵੇਗਾ ਅਤੇ ਲੋਕਾਂ ਨੂੰ ਹੈਪੀ ਸੀਡਰ, ਪੈਡੀ ਸਟਰਾਮ ਚੋਪਰ-ਕਮ-ਸਰੈਡੰਰ ਸਬਸਿਡੀ ਤੇ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 31 ਹਜਾਰ ਹੈਕਟੇਅਰ ਰਕਬੇ ਵਿੱਚ ਝੇਨੇ ਦੀ ਬਿਜਾਈ ਕੀਤੀ ਗਈ ਜਿਸ ਵਿੱਚ 7000 ਹੈਕਟੇਅਰ  ਬਾਸਮਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਤਕਨੀਕੀ ਸਲਾਹ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪਰਾਲੀ ਜਮੀਨਾਂ ਵਿੱਚ ਦਬਾ ਕੇ ਖਾਦ ਦੇ ਤੌਰ ਤੇ ਵਰਤੋ ਵਿੱਚ ਸਕੇ। ਇਸ ਮੌਕੇ ਤਕਨੀਕੀ ਸਹਾਇਕ ਚਮਨ ਲਾਲ ਸਮੇਤ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ


No comments: